LATEST: ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ‘ਮਿਸ਼ਨ ਫਤਿਹ’ ਸਬੰਧੀ ਕੀਤੀ ਪ੍ਰੈਸ ਕਾਨਫਰੰਸ, ਪੱਤਰਕਾਰਾਂ ਦੇ ਸਵਾਲਾਂ ਦੇ ਦਿਤੇ ਜਵਾਬ

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ‘ਮਿਸ਼ਨ ਫਤਿਹ’ ਸਬੰਧੀ ਕੀਤੀ ਪ੍ਰੈਸ ਕਾਨਫਰੰਸ, ਪੱਤਰਕਾਰਾਂ ਦੇ ਸਵਾਲਾਂ ਦੇ ਦਿਤੇ ਜਵਾਬ

-‘ਮਿਸ਼ਨ ਫਤਿਹ’ ; ਜਾਗਰੂਕਤਾ ਫੈਲਾਉਣ ’ਚ ਸਹਾਈ ਸਾਬਤ ਹੋ ਰਿਹੈ ਕੋਵਾ ਐਪ : ਡਿਪਟੀ ਕਮਿਸ਼ਨਰ
-ਕਿਹਾ, ਕੋਰੋਨਾ-19 ਸਬੰਧੀ ਰੋਜ਼ਾਨਾ ਕਰੀਬ 450 ਕੀਤੇ ਜਾ ਰਹੇ ਹਨ ਟੈਸਟ
ਹੁਸ਼ਿਆਰਪੁਰ, 14 ਜੂਨ: (ADESH)
ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤਾ ਗਿਆ ‘ਮਿਸ਼ਨ ਫਤਿਹ’ ਕੋਰੋਨਾ ਨੂੰ ਠੱਲ੍ਹ ਪਾਉਣ ਵਿੱਚ ਸਫ਼ਲ ਸਾਬਤ ਹੋ ਰਿਹਾ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਕੋਰੋਨਾ-19 ਸਬੰਧੀ ਰੋਜ਼ਾਨਾ ਕਰੀਬ 450 ਟੈਸਟ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਟੈਸਟਾਂ ਦੇ ਜਲਦੀ ਰਿਜ਼ਲਟ ਵੀ ਸਾਹਮਣੇ ਆ ਰਹੇ ਹਨ। ਉਹ ਅੱਜ ‘ਮਿਸ਼ਨ ਫਤਿਹ’ ਸਬੰਧੀ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ।

  ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਾਗਰੂਕਤਾ ਭਰਪੂਰ ਕੋਵਾ ਐਪ ਡਾਊਨਲੋਡ ਕਰਕੇ ਕੋਵਿਡ-19 ਸਬੰਧੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕੋਵਾ ਐਪ ’ਤੇ ਈ-ਪਾਸ ਦੀ ਸੁਵਿਧਾ ਆਦਿ ਸਮੇਤ ਕੋਰੋਨਾ ਬਾਰੇ ਜਾਣਕਾਰੀ ਉਪਲਬੱਧ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਤੌਰ ’ਤੇ ਜ਼ਿਲ੍ਹੇ ਵਿੱਚ 1700 ਵਿਅਕਤੀ ਹੋਮ ਕੁਆਰਨਟੀਨ ਕੀਤੇ ਗਏ ਹਨ ਅਤੇ ਇਨ੍ਹਾਂ ਵਿਅਕਤੀਆਂ ਦੀ ਚੈਕਿੰਗ ਲਈ ਜਿਥੇ 135 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਉਥੇ ਇਨ੍ਹਾਂ ਨੂੰ ਕੋਵਾ ਐਪ ਵੀ ਡਾਊਨਲੋਡ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਹੋਮ ਕੁਆਰਨਟੀਨ ਕੀਤੇ ਕਿਸੇ ਵੀ ਵਿਅਕਤੀ ਵਲੋਂ ਘਰੋਂ ਬਾਹਰ ਨਿਕਲਣ ਦੀ ਉਲੰਘਣਾ ਕੀਤੀ ਜਾਂਦੀ ਹੈ, ਤਾਂ ਉਸ ਨੂੰ 2000 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਸੁਰੱਖਿਅਤ ਰਹਿਣ ਦਾ ਕੇਵਲ ਇਕੋ-ਇਕ ਤਰੀਕਾ ਜਾਗਰੂਕਤਾ ਅਤੇ ਸਾਵਧਾਨੀਆਂ ਅਪਨਾਉਣਾ ਹੀ ਹੈ। ਉਨ੍ਹਾਂ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਘਰ-ਘਰ ਜਾ ਕੇ ਜਾਗਰੂਕਤਾ ਪੈਦਾ ਕਰਨ ਲਈ ਹੀ ‘ਮਿਸ਼ਨ ਫਤਿਹ’ ਦੀ ਸੁਰੂਆਤ ਕੀਤੀ ਗਈ ਹੈ।
ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਹਰ ਜ਼ਿਲ੍ਹਾ ਵਾਸੀ ਦਾ ਫਰਜ਼ ਬਣਦਾ ਹੈ ਕਿ ਇਕ ਜਿੰਮੇਵਾਰ ਨਾਗਰਿਕ ਵਾਂਗ ਘਰਾਂ ਤੋਂ ਬਾਹਰ ਨਿਕਲਿਆ ਜਾਵੇ। ਉਨ੍ਹਾਂ ਕਿਹਾ ਕਿ ਘਰ ਤੋਂ ਬਾਹਰ ਜਾਂਦੇ ਸਮੇਂ ਮਾਸਕ ਦੀ ਵਰਤੋਂ ਕਰਨਾ ਬਹੁਤ ਜ਼ਰੂਰੀ ਹੈ ਅਤੇ ਬਿਨ੍ਹਾਂ ਮਾਸਕ ਦੇ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ। ਉਨ੍ਹਾਂ ਕਿਹਾ ਕਿ ਮਾਸਕ ਨਾ ਪਹਿਨਣ ਵਾਲੇ ਵਿਅਕਤੀਆਂ ਨੂੰ ਹੁਣ ਤੱਕ ਕਰੀਬ 19 ਲੱਖ ਰੁਪਏ ਜ਼ੁਰਮਾਨਾ ਕੀਤਾ ਗਿਆ ਹੈ, ਇਸ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਘਰੋਂ ਬਾਹਰ ਜਾਣ ਸਮੇਂ ਮਾਸਕ ਜ਼ਰੂਰ ਪਹਿਨਿਆ ਹੋਵੇ। ਇਸ ਤੋਂ ਇਲਾਵਾ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਸੈਨੇਟਾਈਜ਼ਰ ਦੀ ਵਰਤੋਂ ਸਮੇਤ ਸਮੇਂ-ਸਮੇਂ ’ਤੇ 20 ਸੈਕਿੰਡ ਤੱਕ ਸਾਬਣ ਨਾਲ ਹੱਥ ਧੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ’ਤੇ ਥੁੱਕਣ ਦੀ ਵੀ ਮਨਾਹੀ ਹੈ, ਇਸ ਲਈ ਜੇਕਰ ਕੋਈ ਇਸ ਤਰ੍ਹਾਂ ਕਰਦਾ ਸਾਹਮਣੇ ਆਉਂਦਾ ਹੈ, ਤਾਂ ਉਸ ਨੂੰ ਵੀ ਜ਼ੁਰਮਾਨਾ ਕੀਤਾ ਜਾਵੇਗਾ। 

Related posts

Leave a Reply