ਪ੍ਰਾਇਮਰੀ ਕਾਡਰ ਦੇ ਅਧਿਆਪਕਾਂ ਦੀਆਂ ਬਦਲੀਆਂ ਨੂੰ ਲਾਗੂ ਕਰਨ ਦੀ ਮਿਤੀ ਪੰਜਵੀਂ ਵਾਰ ਅੱਗੇ ਪਾਉਣਾ ਵਿਭਾਗ ਦੀ ਘੋਰ ਨਲਾਇਕੀ : ਡੀਟੀਐਫ


ਗੁਰਦਾਸਪੁਰ 7 ਮਈ ( ਅਸ਼ਵਨੀ ) : ਡੈਮੋਕਰੇਟਿਕ ਟੀਚਰਜ਼ ਫਰੰਟ (ਡੀਟੀਐਫ) ਪੰਜਾਬ ਨੇ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ ਦਾਖਲਾ ਸੈਕੰਡਰੀ ਸਕੂਲਾਂ ਵਿੱਚ ਕਰਨ ਦੀ ਪ੍ਰਕਿਰਿਆ ਸਬੰਧੀ ਸਿੱਖਿਆ ਵਿਭਾਗ ਵਲੋਂ ਕੀਤੇ ਜਾ ਰਹੇ ਪ੍ਰਚਾਰ ਨੂੰ ਉਜਾੜੇ ਦਾ ਸਿੱਧਾ ਨਿਸ਼ਾਨਾ ਬਨਣ ਜਾ ਰਹੇ ਪ੍ਰਾਇਮਰੀ ਅਧਿਆਪਕਾਂ ਅਤੇ ਪੰਜਾਬ ਦੇ ਹੋਰਨਾਂ ਇਨਸਾਫ ਪਸੰਦ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ ਹੈ। ਪ੍ਰਾਇਮਰੀ ਕਾਡਰ ਦੇ ਅਧਿਆਪਕਾਂ ਦੀਆਂ ਬਦਲੀਆਂ ਨੂੰ ਲਾਗੂ ਕਰਨ ਦੀ ਮਿਤੀ ਪੰਜਵੀਂ ਵਾਰ ਅੱਗੇ ਪਾਉਣ ਦੀ ਵੀ ਸਖਤ ਨਿਖੇਧੀ ਕੀਤੀ ਹੈ।

ਡੀਟੀਐਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਅਤੇਜਿਲਾ ਪ੍ਰਧਾਨ ਹਰਜਿੰਦਰ ਸਿੰਘ ਵਡਾਲਾ ਬਾਂਗਰ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਪ੍ਰਾਇਮਰੀ ਸਿੱਖਿਆ ਤੰਤਰ ਦੇ ਕੁੱਲ ਖਾਤਮੇ ਦੇ ਨਿਸ਼ਾਨੇ ਤਹਿਤ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ ਦਾਖਲਾ ਸੈਕੰਡਰੀ ਸਕੂਲਾਂ ਵਿੱਚ ਕਰਨ ਦੇ ਹੁਕਮ ਚਾਡ਼੍ਹੇ ਜਾ ਰਹੇ ਹਨ, ਦੂਜੇ ਪਾਸੇ ਹਰੇਕ ਥਾਈਂ ਪ੍ਰਾਇਮਰੀ ਸਕੂਲ ਉਪਲਬਧ ਹੋਣ ਦੇ ਬਾਵਜੂਦ ਇਹਨਾਂ ਦਾਖਲਿਆ ਨੂੰ ਆਪਸ਼ਨਲ, ਕੇਵਲ ਨਿੱਜੀ ਸਕੂਲਾਂ ਤੇ ਅੰਗਰੇਜ਼ੀ ਮਾਧਿਅਮ ਵਾਲੇ ਬੱਚਿਆਂ ਨਾਲ ਸਬੰਧਤ ਦੱਸਣ ਵਾਲਾ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਜਦਕਿ ਪ੍ਰਾਇਮਰੀ ਸਕੂਲਾਂ ‘ਚ ਦਾਖ਼ਲਿਆਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਜਾ ਰਿਹਾ ਹੈ। ਇਸ ਦੇ ਸਿੱਟੇ ਵਜੋਂ ਐਲੀਮੈਂਟਰੀ ਡਾਇਰੈਕਟੋਰੇਟ ਦੀ ਵੱਖਰੀ ਹੋਂਦ, ਪ੍ਰਾਇਮਰੀ ਵਿੱਚ ਅਧਿਆਪਕਾਂ ਦੀ ਤਰੱਕੀਆਂ ਅਤੇ ਨਵੀਂ ਭਰਤੀ ਉੱਪਰ ਵੱਡਾ ਸਵਾਲੀਆ ਨਿਸ਼ਾਨ ਲੱਗ ਗਿਆ ਹੈ।

ਆਗੂਆਂ ਨੇ ਦੱਸਿਆ ਕਿ ਅਸਲ ਵਿੱਚ ਰਾਸ਼ਟਰੀ ਸਿੱਖਿਆ ਨੀਤੀ-2020 ਤਹਿਤ ਪੰਜਾਬ ਵਿੱਚ ਸਿੱਖਿਆ ਦਾ ਕਾਰਪੋਰੇਟ ਮਾਡਲ ਲਾਗੂ ਕੀਤਾ ਜਾ ਰਿਹਾ ਹੈ। ਇਸ ਲਈ ਪ੍ਰਾਇਮਰੀ, ਮਿਡਲ, ਹਾਈ ਸਕੂਲਾਂ ਸਮੇਤ ਸਾਰੇ ਛੋਟੇ ਸਕੇਲ ਦੇ ਸਕੂਲਾਂ ਨੂੰ, ਵਿਦਿਆਰਥੀਆਂ ਦੀ ਘੱਟਗਿਣਤੀ ਜਾਂ ਹੋਰ ਕਾਰਨਾਂ ਦੇ ਹਵਾਲੇ ਨਾਲ ਬੰਦ ਕਰਕੇ, ਚੋਣਵੇਂ ਸਕੂਲਾਂ ਨੂੰ ਵੱਡ ਅਕਾਰੀ ‘ਕੰਪਲੈਕਸ ਸਕੂਲਾਂ’ ਵਿੱਚ ਤਬਦੀਲ ਕਰਨ ਅਤੇ ਸਿੱਖਿਆ ਦੇ ਖੇਤਰ ਵਿਚ ਕਾਰਪੋਰੇਟੀ ਲੁੱਟ ਨੂੰ ਹੋਰ ਤੇਜ਼ ਅਤੇ ਸੰਗਠਿਤ ਕਰਨ ਦਾ ਅਧਾਰ ਬਣਾਇਆ ਜਾ ਰਿਹਾ ਹੈ। ਅਜਿਹੇ ਵਿੱਚ ਕੈਪਟਨ ਅਤੇ ਮੋਦੀ ਸਰਕਾਰਾਂ ਦੇ ਨੀਤੀਆਂ ਪੱਖੋਂ ਇੱਕੋ ਥਾਲੀ ਦੇ ਚੱਟੇ ਵੱਟੇ ਹੋਣ ਅਤੇ ਕਾਰਪੋਰੇਟ ਪ੍ਰਤੀ ਬਰਾਬਰ ਹੇਜ ਨੂੰ ਉਜਾਗਰ ਹੋਣ ਤੋਂ ਰੋਕਣ ਦੇ ਨਾਲ ਨਾਲ ਲੋਕ ਰੋਹ ਨੂੰ ਠੱਲ੍ਹ ਪਾਉਣ ਲਈ ਸਿੱਖਿਆ ਵਿਭਾਗ ਵਲੋਂ ਝੂਠ ਦਾ ਸਹਾਰਾ ਲਿਆ ਜਾ ਰਿਹਾ ਹੈ,ਜਿਸ ਦਾ ਸੰਘਰਸ਼ਾਂ ਨੂੰ ਹੋਰ ਵਿਸ਼ਾਲ ਅਤੇ ਤਿੱਖਾ ਰੂਪ ਦਿੰਦਿਆਂ ਮੋੜਵਾਂ ਜਵਾਬ ਦਿੱਤਾ ਜਾਵੇਗਾ।

ਇਸ ਮੌਕੇ ਗੁਰਦਿਆਲ ਚੰਦ, ਉਪਕਾਰ ਸਿੰਘ ਵਡਾਲਾ ਬਾਂਗਰ, ਸੁਖਜਿੰਦਰ ਸਿੰਘ ਅਮਰਜੀਤ ਕੋਠੇ, ਬਲਵਿੰਦਰ ਕੌਰ,ਸਤਨਾਮ ਸਿੰਘ, ਮਨੋਹਰ ਲਾਲ, ਜਸਪਾਲ ਸਿੰਘ ਆਦਿ ਨੇ ਦੱਸਿਆ ਕਿ ਪ੍ਰਾਇਮਰੀ ਕਾਡਰ ਦੇ ਅਧਿਆਪਕਾਂ ਦੀਆਂ ਕੀਤੀਆਂ ਬਦਲੀਆਂ ਨੂੰ ਲਾਗੂ ਕਰਨ ਦੀ ਮਿਤੀ ਨੂੰ ਪੰਜਵੀਂ ਵਾਰ ਅੱਗੇ ਪਾਉਣ ਨੂੰ ਸਿੱਖਿਆ ਵਿਭਾਗ ਦੀ ਘੋਰ ਨਲਾਇਕੀ ਹੈ। ਪ੍ਰਾਇਮਰੀ ਵਰਗ ਸਮੇਤ ਸਾਰਿਆਂ ਕਾਡਰਾਂ ਦੀਆਂ ਵੱਖ ਵੱਖ ਕਾਰਨਾਂ ਕਰਕੇ ਰੋਕੀਆਂ ਸਾਰੀਆਂ ਬਦਲੀਆਂ ਬਿਨਾਂ ਸ਼ਰਤ ਫੌਰੀ ਲਾਗੂ ਕਰਨ ਅਤੇ ਸਰਕਾਰੀ ਸਕੂਲਾਂ ਵਿੱਚ ਖਾਲੀ ਸਾਰੀਆਂ ਅਸਾਮੀਆਂ ਨੂੰ ਤਰੱਕੀਆਂ ਅਤੇ ਨਵੀਂ ਭਰਤੀ ਰਾਹੀਂ ਤੁਰੰਤ ਭਰਨਾ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply