CM IN HOSHIARPUR TODAY : ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ’ਚ ਪ੍ਰਦਰਸ਼ਨ ਕਰਨ ਦੀ ਬਜਾਏ ਕੇਂਦਰ ’ਤੇ ਦਬਾਅ ਬਣਾਇਆ ਜਾਵੇ : ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨ ਯੂਨੀਅਨਾਂ ਨੂੰ ਅਪੀਲ

ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ’ਚ ਪ੍ਰਦਰਸ਼ਨ ਕਰਨ ਦੀ ਬਜਾਏ ਕੇਂਦਰ ’ਤੇ ਦਬਾਅ ਬਣਾਇਆ ਜਾਵੇ : ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨ ਯੂਨੀਅਨਾਂ ਨੂੰ ਅਪੀਲ
ਪੰਜਾਬ ਸਰਕਾਰ ਤੇ ਇਥੋਂ ਦੇ ਲੋਕ ਕਿਸਾਨਾਂ ਦੇ ਜਾਇਜ਼ ਹੱਕਾਂ ਲਈ ਹਮੇਸ਼ਾਂ ਡਟ ਕੇ ਖੜ੍ਹੇ ਹਨ
ਪਿੰਡ ਮੁਖਲਿਆਣਾ ਵਿਖੇ 13.44 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਸਰਕਾਰੀ ਕਾਲਜ ਦਾ ਨੀਂਹ ਪੱਥਰ ਰੱਖਿਆ, ਕਾਲਜ ਦਾ ਨਾਂਅ ਡਾ. ਬੀ.ਆਰ. ਅੰਬੇਦਕਰ ਦੇ ਨਾਂ ’ਤੇ ਰੱਖਿਆ ਜਾਵੇਗਾ
ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਤੋਂ ਪਹਿਲਾਂ ਸਮੁੱਚੇ ਵਿਕਾਸ ਕਾਰਜ ਮੁਕੰਮਲ ਕਰਨ ਦਾ ਐਲਾਨ
ਵਿਧਾਇਕ ਚੱਬੇਵਾਲ ਵਲੋਂ ਕੰਢੀ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਮੁੱਖ ਮੰਤਰੀ ਦਾ ਧੰਨਵਾਦ

ਹੁਸ਼ਿਆਰਪੁਰ, 13 ਸਤੰਬਰ (ਹਰਭਜਨ ਢਿੱਲੋਂ ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ਼ ਸੂਬਾ ਭਰ ਵਿਚ ਰੋਸ ਪ੍ਰਦਰਸ਼ਨ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਮੁੱਦੇ ਉਤੇ ਸੂਬਾ ਸਰਕਾਰ ਅਤੇ ਇਥੋਂ ਦੇ ਲੋਕ ਪਹਿਲਾਂ ਹੀ ਕਿਸਾਨਾਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕਰ ਚੁੱਕੇ ਹਨ।
ਅੱਜ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਮੁਖਲਿਆਣਾ ਵਿਚ 13.44 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਸਰਕਾਰੀ ਕਾਲਜ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਸਪੱਸ਼ਟ ਰੂਪ ਵਿਚ ਕਿਹਾ ਕਿ ਪੰਜਾਬ ਦੇ ਲੋਕ ਤਾਂ ਪਹਿਲਾਂ ਹੀ ਇਸ ਮਸਲੇ ਦੇ ਹੱਕ ਵਿਚ ਕਿਸਾਨਾਂ ਨਾਲ ਚਟਾਨ ਵਾਂਗ ਖੜ੍ਹੇ ਹਨ ਜਿਸ ਕਰਕੇ ਉਨ੍ਹਾਂ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨ ਪਾਸ ਕਰਕੇ ਕਿਸਾਨਾਂ ਨੂੂੰੰ ਭਰੋਸਾ ਵਿਚ ਲਏ ਬਿਨ੍ਹਾਂ ਥੋਪ ਦੇਣ ਦੇ ਖਿਲਾਫ਼ ਸੂਬਾ ਭਰ ਵਿਚ ਪ੍ਰਦਰਸ਼ਨ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਵਲੋਂ ਪੰਜਾਬ ਵਿਚ 113 ਵੱਖ-ਵੱਖ ਥਾਵਾਂ ’ਤੇ ਕੀਤੇ ਜਾ ਰਹੇ ਪ੍ਰਦਰਸ਼ਨ ਕਿਸੇ ਵੀ ਤਰ੍ਹਾਂ ਸੂਬੇ ਦੇ ਹਿੱਤ ਵਿਚ ਨਹੀਂ ਹਨ ਕਿਉਂ ਜੋ ਇਸ ਨਾਲ ਸੂਬੇ ਦੀ ਆਰਥਿਕ ਤਰੱਕੀ ’ਤੇ ਵਰਨਣਯੋਗ ਪ੍ਰਭਾਵ ਪਿਆ ਹੈ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਸਬੰਧ ਵਿਚ ਕਿਸਾਨ ਉਨ੍ਹਾਂ ਦੀ ਬੇਨਤੀ ਨੂੰ ਪ੍ਰਵਾਨ ਕਰਨਗੇ। ਉਨ੍ਹਾਂ ਕਿਹਾ ਕਿ ਹਾਲਾਂਕਿ, ਸੂਬੇ ਦੀ ਵਿਧਾਨ ਸਭਾ ਵਿਚ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਇਨ੍ਹਾਂ ਦੀ ਥਾਂ ’ਤੇ ਸੂਬਾ ਸਰਕਾਰ ਆਪਣੇ ਖੇਤੀ ਕਾਨੂੰਨ ਪਾਸ ਕਰ ਚੁੱਕੀ ਹੈ ਜਿਨ੍ਹਾਂ ਨੂੰ ਰਾਜਪਾਲ ਦੀ ਸਹਿਮਤੀ ਲਈ ਭੇਜਿਆ ਗਿਆ ਸੀ ਪਰ ਇਹ ਬੜੇ ਦੁੱਖ ਦੀ ਗੱਲ ਹੈ ਕਿ ਰਾਜਪਾਲ ਵਲੋਂ ਇਨ੍ਹਾਂ ਨੂੰ ਭਾਰਤ ਦੇ ਰਾਸ਼ਟਰਪਤੀ ਕੋਲ ਅਜੇ ਤੱਕ ਨਹੀਂ ਭੇਜਿਆ ਗਿਆ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੋ ਕੁਝ ਵੀ ਸਾਡੀ ਸਰਕਾਰ ਦੇ ਹੱਥ-ਵੱਸ ਹੈ, ਅਸੀਂ ਉਸ ਨੂੰ ਹਮੇਸ਼ਾਂ ਪਹਿਲ ਦੇ ਆਧਾਰ ’ਤੇ ਕੀਤਾ ਹੈ। ਇਸ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿਚ ਚੰਡੀਗੜ੍ਹ ਵਿਖੇ ਉਨ੍ਹਾਂ ਨੂੰ ਇਨ੍ਹਾਂ ਕਿਸਾਨ ਯੂਨੀਅਨਾਂ ਦੇ ਵੱਖ-ਵੱਖ ਨੇਤਾਵਾਂ ਦਾ ਵਫ਼ਦ ਮਿਲਿਆ ਸੀ ਜਿਸ ਨੇ ਗੰਨੇ ਦਾ ਭਾਅ 325 ਰੁਪਏ ਤੋਂ ਵਧਾ ਕੇ 360 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਸੀ ਅਤੇ ਉਨ੍ਹਾਂ ਨੇ ਇਸ ਮੰਗ ਨੂੰ ਉਸੇ ਵੇਲੇ ਪ੍ਰਵਾਨ ਕਰ ਲਿਆ ਸੀ।
ਕੇਂਦਰ ਦੇ ਮਾੜੇ ਵਤੀਰੇ ਕਾਰਨ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨਣ ਵਿਚ ਕੀਤੀ ਜਾ ਰਹੀ ਬੇਲੋੜੀ ਦੇਰੀ ਉਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਸੂਬੇ ਵਿਚ ਪ੍ਰਦਰਸ਼ਨ ਕਰਨ ਦੀ ਬਜਾਏ ਕੇਂਦਰ ਸਰਕਾਰ ’ਤੇ ਦਬਾਅ ਬਨਾਉਣਾ ਚਾਹੀਦਾ ਹੈ ਤਾਂ ਜੋ ਕਿ ਇਨ੍ਹਾਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।
ਇਸ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਮੁਖਲਿਆਣਾ ਵਿਖੇ ਬਨਣ ਵਾਲੇ ਨਵੇਂ ਸਰਕਾਰੀ ਕਾਲਜ ਦਾ ਨਾਂਅ ਮਹਾਨ ਸ਼ਖਸੀਅਤ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੇ ਨਾਂ ’ਤੇ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਕਾਲਜ ਦੀ ਇਮਾਰਤ ਮਾਰਚ 2022 ਤੱਕ ਬਣ ਕੇ ਤਿਆਰ ਹੋ ਜਾਵੇਗੀ ਅਤੇ ਉਸ ਵੇਲੇ ਤੱਕ ਇਹ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਰਾਜਪੁਰ ਭਾਈਆਂ ਵਿਖੇ ਆਰਜ਼ੀ ਇਮਾਰਤ ਵਿਚ ਇਸ ਅਕਾਦਮਿਕ ਸੈਸ਼ਨ ਤੋਂ ਕਾਰਜਸ਼ੀਲ ਹੋ ਜਾਵੇਗਾ।
ਇਕ ਹੋਰ ਅਹਿਮ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਯਾਦਗਾਰ ਦੇ ਸਮੁੱਚੇ ਵਿਕਾਸ ਕੰਮ ਗੁਰੂ ਸਾਹਿਬ ਜੀ ਦੇ ਆਉਣ ਵਾਲੇ ਪ੍ਰਕਾਸ਼ ਉਤਸਵ ਤੋਂ ਪਹਿਲਾਂ ਹਰ ਹਾਲ ਵਿਚ ਮੁਕੰਮਲ ਕਰ ਲਏ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਲਜ ਯਕੀਨਨ ਤੌਰ ’ਤੇ ਕੰਢੀ ਇਲਾਕੇ ਦੇ ਵਿਕਾਸ ਵਿਚ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਸ ਇਲਾਕੇ ਦੇ ਆਰਥਿਕ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸ ਮੌਕੇ ਉਨ੍ਹਾਂ ਨੇ ਇਸ ਕਾਲਜ ਦੀ ਸਥਾਪਨਾ ਲਈ ਉਚੇਰੀ ਸਿੱਖਿਆ ਵਿਭਾਗ ਨੂੰ ਵਧਾਈ ਦਿੰਦਿਆਂ ਹਲਕੇ ਦੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਇਲਾਕੇ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਨਾਉਣ ਲਈ ਅਥਾਹ ਯੋਗਦਾਨ ਪਾਇਆ।
ਇਸ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਕਾਲਜ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਨੇ 17 ਹੋਰ ਨਵੇਂ ਕਾਲਜ ਖੋਲ੍ਹੇ ਹਨ ਅਤੇ ਇਨ੍ਹਾਂ ਸਾਰੇ 18 ਕਾਲਜਾਂ ਵਿਚ ਮੌਜੂਦਾ ਅਕਾਦਮਿਕ ਸੈਸ਼ਨ ਤੋਂ ਪੜ੍ਹਾਈ ਸ਼ੁਰੂ ਹੋ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,‘‘ਮੈਨੂੰ ਇਹ ਗੱਲ ਤੁਹਾਡੇ ਨਾਲ ਸਾਂਝੀ ਕਰਦੇ ਹੋਏ ਬਹੁਤ ਖੁਸ਼ੀ ਹੋਈ ਹੈ ਕਿ ਅਸੀਂ ਆਪਣੇ ਚੋਣ ਮਨੋਰਥ ਪੱਤਰ ਵਿਚ ਹਰੇਕ ਸਬ-ਡਵੀਜ਼ਨ ਵਿਚ ਘੱਟੋ-ਘੱਟ ਇਕ ਡਿਗਰੀ ਕਾਲਜ ਦੇ ਕੀਤੇ ਵਾਅਦੇ ਨੂੰ ਪੂਰਾ ਕੀਤਾ ਹੈ।’’ ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ 18 ਨਵੇਂ ਕਾਲਜਾਂ ਵਿਚ ਮਿਆਰੀ ਸਿੱਖਿਆ ਨੂੰ ਯਕੀਨੀ ਬਨਾਉਣ ਲਈ ਸੂਬਾ ਸਰਕਾਰ ਵਲੋਂ ਕਾਲਜਾਂ ਲਈ ਨਾਨ-ਟੀਚਿੰਗ ਸਟਾਫ਼ ਦੀਆਂ ਲੋੜੀਂਦੀਆਂ ਆਸਾਮੀਆਂ ਸਮੇਤ 160 ਟੀਚਿੰਗ ਆਸਾਮੀਆਂ ਨੂੰ ਪਹਿਲਾਂ ਹੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ। ਮੌਜੂਦਾ ਸਾਲ 2021-22 ਵਿਚ ਹਰੇਕ ਅਜਿਹੇ ਕਾਲਜ ਨੂੰ ਬੁਨਿਆਦੀ ਢਾਂਚੇ ਲਈ 2-2 ਕਰੋੜ ਰੁਪਏ ਦੀ ਗਰਾਂਟ ਦਿੱਤੀ ਜਾਵੇਗੀ।
ਸੂਬੇ ਦੇ ਕਾਲਜਾਂ ਵਿਚ ਅਧਿਆਪਕਾਂ ਦੀ ਕਮੀ ਦੂਰ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਨੇ ਸਰਕਾਰੀ ਕਾਲਜਾਂ ਵਿਚ ਅਸਿਸਟੈਂਟ ਪ੍ਰੋਫੈਸਰਾਂ ਦੀਆਂ 931 ਆਸਾਮੀਆਂ ਭਰਨ ਲਈ ਹਰੀ ਝੰਡੀ ਦੇ ਦਿੱਤੀ ਹੈ ਅਤੇ ਪੰਜਾਬ ਲੋਕ ਸੇਵਾ ਕਮਿਸ਼ਨ ਨੂੰ ਵੀ ਭਰਤੀ ਪ੍ਰਕਿਰਿਆ ਪਹਿਲ ਦੇ ਆਧਾਰ ’ਤੇ ਪੂਰੀ ਕਰਨ ਲਈ ਕਿਹਾ ਜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਕਾਲਜਾਂ ਲਈ ਆਨਲਾਈਨ ਦਾਖਲਾ ਪੋਰਟਲ ਹਾਲ ਹੀ ਵਿਚ ਸ਼ੁਰੂ ਕੀਤਾ ਗਿਆ ਹੈ ਜੋ ਸਫ਼ਲਤਾਪੂਰਵਕ ਚੱਲ ਰਿਹਾ ਹੈ। ਇਸ ਪੋਰਟਲ ਨਾਲ ਲਗਭਗ 50 ਹਜ਼ਾਰ ਵਿਦਿਆਰਥੀਆਂ ਨੂੰ ਫਾਇਦਾ ਪਹੁੰਚਿਆ ਹੈ। ਇਸ ਸਾਂਝੇ ਦਾਖਲਾ ਪੋਰਟਲ ਨਾਲ 100 ਫੀਸਦੀ ਦਾਖਲਾ ਸੰਪਰਕ ਰਹਿਤ ਹੋਇਆ ਹੈ ਕਿਉਂਕਿ ਦਾਖਲਾ ਲੈਣ ਦੇ ਚਾਹਵਾਨਾਂ ਨੂੰ ਕਿਤੇ ਜਾਣ ਦੀ ਲੋੜ ਨਹੀਂ ਹੈ।
ਇਹ ਜ਼ਿਕਰ ਕਰਦਿਆਂ ਕਿ ਮਿਆਰੀ ਸਿੱਖਿਆ ਤੱਕ ਪਹੁੰਚ ਅਤੇ ਉਪਲੱਬਧਤਾ ਉਨ੍ਹਾਂ ਦੀ ਸਰਕਾਰ ਤਰਜੀਹ ਰਹੀ ਹੈ, ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਸਰਕਾਰੀ ਸੈਕਟਰ ਵਿੱਚ ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਯੂਨੀਵਰਸਿਟੀ, ਪਟਿਆਲਾ; ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ, ਪਟਿਆਲਾ ਅਤੇ ਸੂਬੇ ਦੀ ਪਹਿਲੀ ਲਾਅ ਯੂਨੀਵਰਸਿਟੀ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ, ਤਰਨ ਤਾਰਨ ਖੋਲ੍ਹੀਆਂ ਹਨ।
ਕਿਸਾਨਾਂ ਦੀ ਸਮੁੱਚੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ 2021-22 ਦੌਰਾਨ ਇੱਕ ਨਵਾਂ ਮਹੱਤਵਪੂਰਨ ਪ੍ਰੋਗਰਾਮ “ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ ਮਿਸ਼ਨ” ਸ਼ੁਰੂ ਕੀਤਾ ਗਿਆ ਹੈ ਜਿਸਦਾ ਉਦੇਸ਼ ਸਥਾਈ ਰੂਪ ਵਿੱਚ ਖੇਤੀਬਾੜੀ ’ਤੇ ਨਿਰਭਰ ਲੋਕਾਂ ਦੀ ਆਮਦਨ ਵਿੱਚ ਵਾਧਾ ਕਰਨਾ ਹੈ। ਇਸ ਤੋਂ ਇਲਾਵਾ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਦੇ ਸੰਤੁਲਨ ਨੂੰ ਕਾਇਮ ਰੱਖਣ ਵਾਸਤੇ ਕਰੋੜ ਰੁਪਏ ਦੀ ਲਾਗਤ ਨਾਲ ਮਿਸ਼ਨ ਚਲਾਇਆ ਜਾਵੇਗਾ ਜਿਸਨੂੰ ਅਗਲੇ ਤਿੰਨ ਸਾਲਾਂ (2021-24) ਦੌਰਾਨ ਲਾਗੂ ਕੀਤਾ ਜਾਵੇਗਾ।
ਕਰਜ਼ਾ ਮੁਆਫੀ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 4624 ਕਰੋੜ ਰੁਪਏ ਦੀ ਲਗਾਤ ਨਾਲ 5.64 ਲੱਖ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਖੇਤੀ ਕਰਜ਼ੇ ਮੁਆਫ ਕਰ ਦਿੱਤੇ ਹਨ ਅਤੇ ਇਸ ਤਰ੍ਹਾਂ ਇੱਕ ਹੋਰ ਵੱਡੇ ਚੋਣ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਇਸ ਯੋਜਨਾ ਦੀ ਸ਼ੁਰੂਆਤ ਦੇ ਪ੍ਰਤੀਕ ਵਜੋਂ 75 ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਸੌਂਪੇ। ਜ਼ਿਕਰਯੋਗ ਹੈ ਕਿ ਕਰਜ਼ਾ ਰਾਹਤ ਸਕੀਮ ਅਧੀਨ ਇਸ ਜ਼ਿਲ੍ਹੇ ਦੇ 46000 ਤੋਂ ਵੱਧ ਅਜਿਹੇ ਲਾਭਪਾਤਰੀਆਂ ਨੂੰ ਕਵਰ ਕੀਤਾ ਜਾਵੇਗਾ ਜਿਨ੍ਹਾਂ ਦਾ 140 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ।
ਇਸ ਮੌਕੇ ਬੋਲਦਿਆਂ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਭਰੋਸਾ ਦਿੱਤਾ ਕਿ ਹੁਸ਼ਿਆਪੁਰ ਜ਼ਿਲ੍ਹੇ ਦੇ ਸਮੁੱਚੇ ਕੰਢੀ ਖੇਤਰ ਨੂੰ ਵਧੀਆ ਬੁਨਿਆਦੀ ਢਾਂਚਾ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਇਥੋਂ ਦੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਦਿੱਤੀ ਜਾ ਸਕੇ। ਉਨ੍ਹਾਂ ਨੇ ਸਕੂਲ ਸਿੱਖਿਆ ਦੇ ਖੇਤਰ ਵਿੱਚ ਆਉਣ ਵਾਲੇ ਸਮੇਂ ਦੌਰਾਨ ਵੀ ਕਾਰਗੁਜ਼ਾਰੀ ਅਤੇ ਗ੍ਰੇਡਿੰਗ ਦੇ ਮਾਮਲੇ ’ਚ ਸੂਬੇ ਦੇ ਦੇਸ਼ ਵਿੱਚੋਂ ਅੱਵਲ ਦਰਜੇ ਨੂੰ ਕਾਇਮ ਰੱਖਣ ਲਈ ਸਕੂਲ ਸਿੱਖਿਆ ਵਿਭਾਗ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਇਆ।
ਇਸ ਤੋਂ ਪਹਿਲਾਂ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਆਪਣੇ ਸਵਾਗਤੀ ਭਾਸ਼ਣ ਵਿਚ ਕਿਹਾ ਕਿ ਕਾਂਗਰਸ ਪਾਰਟੀ ਨੇ 45 ਵਰਿ੍ਹਆਂ ਦੇ ਵਕਫੇ ਬਾਅਦ ਸਾਲ 2017 ਵਿਚ ਚੱਬੇਵਾਲ ਵਿਧਾਨ ਸਭਾ ਹਲਕੇ ਵਿਚ ਜਿੱਤ ਹਾਸਲ ਕੀਤੀ ਸੀ ਜਿਸ ਕਰਕੇ ਇਸ ਇਲਾਕੇ ਦੇ ਲੋਕਾਂ ਦੀਆਂ ਇਛਾਵਾਂ ਦੀ ਪੂਰਤੀ ਕਰਨਾ ਉਨ੍ਹਾਂ ਦੀ ਹੋਰ ਵਧੇਰੇ ਜ਼ਿੰਮੇਵਾਰੀ ਅਤੇ ਫਰਜ਼ ਬਣਦਾ ਹੈ। ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਡਾ. ਰਾਜ ਕੁਮਾਰ ਨੇ ਕਿਹਾ ਕਿ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਤੋਂ ਇਲਾਵਾ ਸੂਬਾ ਸਰਕਾਰ ਨੇ ਕਈ ਸਮਾਜ ਭਲਾਈ ਸਕੀਮਾਂ ਵੀ ਅਮਲ ਵਿਚ ਲਿਆਂਦੀਆਂ ਹਨ ਜਿਨ੍ਹਾਂ ਵਿਚ ਕਰਜ਼ਾ ਮੁਆਫੀ, ਸਮਾਜਿਕ ਸੁਰੱਖਿਆ ਪੈਨਸ਼ਨ 500 ਰੁਪਏ ਤੋਂ ਵਧਾ ਕੇ 1500 ਰੁਪਏ ਪ੍ਰਤੀ ਮਹੀਨਾ ਕਰਨਾ ਅਤੇ ਔਰਤਾਂ ਲਈ ਮੁਫਤ ਬੱਸ ਸਫਰ ਸੇਵਾ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਪੇਂਡੂ ਇਲਾਕੇ ਵਿਚ ਸਥਾਪਤ ਹੋਣ ਵਾਲੇ ਇਸ ਨਵੇਂ ਕਾਲਜ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੇ ਦਰ ’ਤੇ ਮਿਆਰੀ ਤੇ ਵਾਜਬ ਦਰਾਂ ’ਤੇ ਉਚੇਰੀ ਸਿੱਖਿਆ ਮੁਹੱਈਆ ਹੋਵੇਗੀ। ਡਾ. ਰਾਜ ਕੁਮਾਰ ਨੇ ਮੁਖਲਿਆਣਾ ਪਿੰਡ ਦੀ ਪੰਚਾਇਤ ਅਤੇ ਖਾਸ ਕਰਕੇ ਇਥੋਂ ਦੇ ਸਰਪੰਚ ਅਮਰਜੀਤ ਸਿੰਘ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਲਾਕੇ ਵਿਚ ਸਿੱਖਿਆ ਦੇ ਪਸਾਰ ਵਾਲੇ ਇਸ ਪ੍ਰੋਜੈਕਟ ਲਈ ਲੋੜੀਂਦੀ 5 ਏਕੜ ਜਮੀਨ ਦੀ ਬਜਾਏ ਫਰਾਖਦਿਲੀ ਦਿਖਾਉਂਦੇ ਹੋਏ 10 ਏਕੜ ਜ਼ਮੀਨ ਦਿੱਤੀ।
ਇਸ ਮੌਕੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ, ਵਿਧਾਇਕ ਤੇ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ, ਸੰਤ ਸਮਾਜ ਦੇ ਬਾਬਾ ਸਰਬਜੋਤ ਸਿੰਘ ਬੇਦੀ, ਵਿਧਾਇਕ ਪਵਨ ਕੁਮਾਰ ਆਦੀਆ, ਅਰੁਣ ਡੋਗਰਾ, ਇੰਦੂ ਬਾਲਾ ਅਤੇ ਬੀ.ਐਸ.ਧਾਲੀਵਾਲ ਵੀ ਹਾਜ਼ਰ ਸਨ। ਇਨ੍ਹਾਂ ਤੋਂ ਇਲਾਵਾ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰੀ ਪ੍ਰਵੀਨ ਸੈਣੀ, ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਡਾ. ਕੁਲਦੀਪ ਨੰਦਾ, ਨਮੀਸ਼ਾ ਮਹਿਤਾ ਤੋਂ ਇਲਾਵਾ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਤੇ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਹਜ਼ਾਰ ਸਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply