ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ :: ਅਕਾਲੀ ਦਲ ਹੀ ਸੂਬੇ ਦੇ ਨੌਜਵਾਨਾਂ ਨੂੰ ਗੁੰਮਰਾਹ ਕਰਕੇ ਅੱਤਵਾਦ ਦੇ ਰਾਹ ਵੱਲ ਤੋਰਨ ਲਈ ਜ਼ਿੰਮੇਵਾਰ

ਸਰਹੱਦੀ ਇਲਾਕਿਆਂ ਵਿਚ ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਾਉਣ ਬਾਰੇ ਕੇਂਦਰ ਦਾ ਫੈਸਲਾ ਪ੍ਰਵਾਨ ਨਹੀਂ ਕਰਾਂਗੇ-ਚੰਨੀ

ਮਸਲੇ ਉਤੇ ਸਹਿਮਤੀ ਬਣਾਉਣ ਲਈ ਵਿਚਾਰ-ਚਰਚਾ ਕਰਨ ਵਾਸਤੇ ਵਜ਼ਾਰਤ ਦੀ ਵਿਸ਼ੇਸ਼ ਮੀਟਿੰਗ ਬੁਲਾਈ ਜਾਵੇਗੀ

ਸੁਖਬੀਰ ਸਿੰਘ ਬਾਦਲ ਨੂੰ ਭੜਕਾਹਟ ਪੈਦਾ ਕਰਨ ਵਾਲੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨ ਦੀ ਅਪੀਲ

ਪੰਜਾਬ ਸਰਕਾਰ ਪੱਟੀ-ਮਖੂ ਰੇਲ ਲਿੰਕ ਲਈ ਜ਼ਮੀਨ ਐਕੁਵਾਇਰ ਕਰਨ ਵਾਸਤੇ ਕਿਸਾਨਾਂ ਨੂੰ ਦੇਵੇਗੀ ਮੁਆਵਜ਼ਾ

ਚੰਡੀਗੜ੍ਹ, 18 ਅਕਤੂਬਰ

        ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਬੀ.ਐਸ.ਐਫ. ਦਾ ਅਧਿਕਾਰ ਖੇਤਰ ਮੌਜੂਦਾ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੀ ਇਜਾਜ਼ਤ ਦੇਣ ਬਾਰੇ ਕੇਂਦਰ ਦੇ ਫੈਸਲੇ ਨੂੰ ਉਨ੍ਹਾਂ ਦੀ ਸਰਕਾਰ ਪ੍ਰਵਾਨ ਨਹੀਂ ਕਰੇਗੀ ਕਿਉਂ ਜੋ ਇਹ ਕਦਮ ਸੰਘੀ ਢਾਂਚੇ ਦੀ ਭਾਵਨਾ ਦੇ ਖਿਲਾਫ਼ ਹੈ।

        ਮੰਤਰੀ ਮੰਡਲ ਦੀ ਮੀਟਿੰਗ ਤੋਂ ਤੁਰੰਤ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਮਨ-ਕਾਨੂੰਨ ਦੀ ਵਿਵਸਥਾ ਸੂਬੇ ਦਾ ਮੁੱਦਾ ਹੈ ਅਤੇ ਪੰਜਾਬ ਨੂੰ ਭਰੋਸੇ ਵਿਚ ਲਏ ਬਿਨਾਂ ਸੂਬੇ ਉਤੇ ਇਹ ਫੈਸਲਾ ਥੋਪ ਦੇਣ ਦਾ ਕੇਂਦਰ ਸਰਕਾਰ ਦਾ ਕੋਈ ਆਧਾਰ ਨਹੀਂ ਬਣਦਾ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿਚ ਆਪਣੀ ਪੁਲੀਸ ਫੋਰਸ ਨਾਲ ਅਮਨ-ਕਾਨੂੰਨ ਦੀ ਸਥਿਤੀ ਨੂੰ ਨਜਿੱਠਣ ਵਿਚ ਪੂਰਨ ਤੌਰ ਉਤੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਪੁਲੀਸ ਦੀ ਕਾਬਲੀਅਤ ਅਤੇ ਸਮਰੱਥਾ ਸਦਕਾ ਹੀ ਸੂਬੇ ਵਿਚ ਦਹਾਕਾ ਲੰਮੇ ਅੱਤਵਾਦ ਨੂੰ ਠੱਲ੍ਹ ਪਾਈ ਗਈ ਸੀ ਜਿਸ ਨਾਲ ਅਮਨ-ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਬਹਾਲ ਹੋਈ।

        ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਾਉਣ ਦੇ ਸੰਵੇਦਨਸ਼ੀਲ ਮੁੱਦੇ ਨੂੰ ਤੂਲ ਦੇ ਕੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਆਲੋਚਨਾ ਕਰਦਿਆਂ ਚੰਨੀ ਨੇ ਉਨ੍ਹਾਂ ਨੂੰ ਕੇਂਦਰੀ ਬਲਾਂ ਦਾ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਧਾਰਮਿਕ ਅਸਥਾਨਾਂ ਵਿਚ ਪ੍ਰਵੇਸ਼ ਕਰਨ ਦੀ ਭੜਕਾਹਟ ਭਰੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਬੀ.ਐਸ.ਐਫ. ਦੇ ਮੁੱਦੇ ਦੀ ਆੜ ਵਿਚ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਕੇ ਪੰਜਾਬ ਨੂੰ ਮੁੜ ਅੱਤਵਾਦ ਦੇ ਕਾਲੇ ਦੌਰ ਵਿਚ ਨਾ ਧੱਕਣ ਕਿਉਂ ਜੋ ਅਕਾਲੀ ਦਲ ਹੀ ਸੂਬੇ ਦੇ ਨੌਜਵਾਨਾਂ ਨੂੰ ਗੁੰਮਰਾਹ ਕਰਕੇ ਅੱਤਵਾਦ ਦੇ ਰਾਹ ਵੱਲ ਤੋਰਨ ਲਈ ਜ਼ਿੰਮੇਵਾਰ ਹੈ।

ਇਸ ਸਬੰਧੀ ਸੁਖਬੀਰ ਬਾਦਲ ਵੱਲੋਂ ਭੜਕਾਊ ਬਿਆਨਬਾਜ਼ੀ ਕੀਤੇ ਜਾਣ ਲਈ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਉੱਤੇ ਅਸਿੱਧੇ ਰੂਪ ਵਿਚ ਹਮਲਾ ਕਰਦੇ ਹੋਏ ਚੰਨੀ ਨੇ ਕਿਹਾ ਕਿ ਜੋ ਕੋਈ ਵੀ ਅਜਿਹੇ ਸੰਵੇਦਨਸ਼ੀਲ ਮੁੱਦੇ ਸਿਰਫ ਆਪਣੇ ਸਵਾਰਥਾਂ ਦੀ ਪੂਰਤੀ ਕਰਨ ਲਈ ਚੁੱਕਦਾ ਹੈ, ਉਹ ਪੰਜਾਬ ਅਤੇ ਦੇਸ਼ ਦਾ ਸਭ ਤੋਂ ਵੱਡਾ ਦੁਸ਼ਮਣ ਹੈ।

ਚੰਨੀ ਨੇ ਅੱਗੇ ਕਿਹਾ ਕਿ ਹੁਣ ਸਥਿਤੀ ਦੀ ਮੰਗ ਇਹ ਹੈ ਕਿ ਇਸ ਨਾਜ਼ੁਕ ਮੁੱਦੇ ਸਬੰਧੀ ਲੋਕਾਂ ਦੇ ਮਨਾਂ ਵਿਚਲੇ ਭਰਮ-ਭੁਲੇਖੇ ਦੂਰ ਕਰਨ ਲਈ ਇੱਕ ਵਿਆਪਕ ਨੀਤੀ ਘੜੀ ਜਾਵੇ ਜਿਸ ਲਈ ਸੂਬਾਈ ਕੈਬਨਿਟ ਦੀ ਇੱਕ ਵਿਸ਼ੇਸ਼ ਮੀਟਿੰਗ ਛੇਤੀ ਹੀ ਸੱਦੀ ਜਾਵੇਗੀ ਅਤੇ ਜੇਕਰ ਲੋੜ ਪਈ ਤਾਂ ਇਹ ਮੁੱਦਾ ਸਰਬ ਪਾਰਟੀ ਮੀਟਿੰਗ ਵਿਚ ਵੀ ਡੂੰਘਾਈ ਨਾਲ ਵਿਚਾਰਿਆ ਜਾਵੇਗਾ, ਪਰ ਜੇਕਰ ਇਹ ਮੁੱਦਾ ਫਿਰ ਵੀ ਨਹੀਂ ਸੁਲਝਦਾ ਤਾਂ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ।

ਹੋਰ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਤੋਂ ਜ਼ਮੀਨ ਐਕੁਆਇਰ ਕਰਕੇ ਅਤੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦੇ ਕੇ ਲੋੜੀਂਦੀ ਜ਼ਮੀਨ ਛੇਤੀ ਹੀ ਕੇਂਦਰ ਸਰਕਾਰ ਨੂੰ ਦੇ ਦਿੱਤੀ ਜਾਵੇਗੀ ਜੋ ਕਿ ਪੱਟੀ-ਮੱਖੂ ਰੇਲ ਲਿੰਕ ਵਿਕਸਤ ਕਰਨ ਲਈ ਹੋਵੇਗੀ ਅਤੇ ਇਸ ਨਾਲ ਖਿੱਤੇ ਵਿਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ 13 ਸੂਤਰੀ ਏਜੰਡੇ ਸਬੰਧੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖੇ ਜਾਣ ਦੇ ਮੁੱਦੇ ਬਾਰੇ ਮੁੱਖ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹੋਏ ਵਾਅਦੇ ਪੂਰੇ ਕਰਨ ਲਈ ਪਹਿਲਾਂ ਹੀ ਜ਼ੋਰ-ਸ਼ੋਰ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਇਹ ਯਕੀਨ ਵੀ ਦਿਵਾਇਆ ਕਿ ਹਰੇਕ ਵਾਅਦਾ ਪੂਰਨ ਰੂਪ ਵਿਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸੂਬਾਈ ਪਾਰਟੀ ਪ੍ਰਧਾਨ ਦਾ ਫਰਜ਼ ਹੈ ਕਿ ਉਹ ਪਾਰਟੀ ਦੀ ਹਾਈਕਮਾਂਡ ਨੂੰ ਸੂਬੇ ਨਾਲ ਸਬੰਧਤ ਮਾਮਲਿਆਂ ਬਾਰੇ ਜਾਣੂੰ ਕਰਵਾਏ ਪਰ ਇਸ ਦਾ ਮਤਲਬ ਇਹ ਨਹੀਂ ਕਿ ਪਾਰਟੀ ਅਤੇ ਸਰਕਾਰ ਦਰਮਿਆਨ ਕੋਈ ਮਤਭੇਦ ਹਨ।ਠੇਕਾ ਅਧਾਰਤ ਮੁਲਾਜ਼ਮਾਂ ਬਾਰੇ ਪੁੱਛੇ ਗਏ ਇੱਕ ਸਵਾਲ ਦਾ ਜਵਾਬ ਦਿੰਦੇ ਹੋਏ ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਜਿਹੀ ਨੀਤੀ ਤਿਆਰ ਕੀਤੀ ਜਾ ਰਹੀ ਹੈ ਜੋ ਕਿ ਅਜਿਹੇ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕਰੇਗੀ।
ਇਸ ਮੌਕੇ ਹਾਜ਼ਰ ਹੋਰਨਾਂ ਵਿਚ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ. ਸੋਨੀ ਤੋਂ ਇਲਾਵਾ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਅਰੁਣਾ ਚੌਧਰੀ, ਵਿਜੇ ਇੰਦਰ ਸਿੰਗਲਾ ਅਤੇ ਪਰਗਟ ਸਿੰਘ ਵੀ ਸ਼ਾਮਿਲ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply