ਸੀਵਰੇਜ ਟਰੀਟਮੈਂਟ ਪਲਾਂਟ ਬਣਨ ਦਾ ਰਾਹ ਪੱਧਰਾ ਹੋਇਆ,ਸਰਕਾਰ ਨੇ 6 ਏਕੜ ਜ਼ਮੀਨ ਖਰੀਦੀ : ਤ੍ਰਿਪਤ ਬਾਜਵਾ


ਸ਼ਹਿਰ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ – ਬਾਜਵਾ

ਬਟਾਲਾ,14 ਸਤੰਬਰ ( ਅਵਿਨਾਸ਼, ਸੰਜੀਵ ) : ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਹੈ। ਸੂਬਾ ਸਰਕਾਰ ਵਲੋਂ ਬਟਾਲਾ ਸ਼ਹਿਰ ਦੀ 100 ਫੀਸਦੀ ਵਸੋਂ ਨੂੰ ਸੀਵਰੇਜ ਅਤੇ ਜਲ ਸਪਲਾਈ ਦੀ ਸਹੂਲਤ ਦੇਣ ਲਈ ਅਮੁਰਤ ਯੋਜਨਾ ਤਹਿਤ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਰਾਜ ਸਰਕਾਰ ਵਲੋਂ ਜਿਥੇ ਸ਼ਹਿਰ ਵਿੱਚ ਸੀਵਰੇਜ ਦੀਆਂ ਨਵੀਆਂ ਲਾਈਨਾਂ ਪਾਈਆਂ ਜਾ ਰਹੀਆਂ ਹਨ ਓਥੇ ਨਾਲ ਬਟਾਲਾ ਸ਼ਹਿਰ ਤੋਂ ਬਾਹਰਵਾਰ 6 ਏਕੜ ਵਿੱਚ ਇਕ ਵੱਡਾ ਸੀਵਰੇਜ ਟਰੀਟਮੈਂਟ ਪਲਾਂਟ ਬਣਾਉਣ ਦੀ ਪ੍ਰੀਕ੍ਰਿਆ ਵੀ ਸ਼ੁਰੂ ਕਰ ਦਿੱਤੀ ਹੈ। ਜ਼ਮੀਨ ਖਰੀਦਣ ਨਾਲ ਬਟਾਲਾ ਸ਼ਹਿਰ ਵਿਚ ਬਣਨ ਵਾਲੇ ਸੀਵਰੇਜ਼ ਟਰੀਟਮੈਂਟ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 3 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਟਰੀਟਮੈਂਟ ਪਲਾਂਟ ਲਈ 6 ਏਕੜ ਜ਼ਮੀਨ ਖਰੀਦ ਲਈ ਗਈ ਹੈ ਅਤੇ ਜਲਦੀ ਹੀ ਟਰੀਟਮੈਂਟ ਪਲਾਂਟ ਨੂੰ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੀਵਰੇਜ ਟਰੀਟਮੈਂਟ ਪਲਾਂਟ ਬਣਨ ਨਾਲ ਇ ਵਿੱਚ ਆਏ ਸੀਵਰੇਜ ਦੇ ਪਾਣੀ ਨੂੰ ਸਾਫ਼ ਕਰਕੇ ਖੇਤੀਬਾੜੀ ਲਈ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਦਾ ਇਹ ਵੱਡਾ ਵਿਕਾਸ ਪ੍ਰੋਜੈਕਟ ਬਹੁਤ ਲੰਮੇ ਸਮੇਂ ਤੋਂ ਲਟਕਿਆ ਪਿਆ ਸੀ ਜਿਸ ਨੂੰ ਕੈਪਟਨ ਸਰਕਾਰ ਵਲੋਂ ਨੇਪਰੇ ਚਾੜਿਆ ਜਾ ਰਿਹਾ ਹੈ।

ਕੈਬਨਿਟ ਮੰਤਰੀ ਸ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਟਾਲਾ ਸ਼ਹਿਰ ਦੇ ਵਿਕਾਸ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ ਅਤੇ ਬੀਤੇ ਸਮੇਂ ਵਿੱਚ ਵਿਕਾਸ ਕਾਰਜ ਮੁਕੰਮਲ ਹੋਣ ਦੇ ਨਾਲ ਇਸ ਸਮੇਂ ਵੀ 17.50 ਕਰੋੜ ਰੁਪਏ ਦੇ ਵਿਕਾਸ ਕਾਰਜ ਸ਼ਹਿਰ ਵਿੱਚ ਚੱਲ ਰਹੇ ਹਨ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਚੱਲ ਰਹੇ ਵਿਕਾਸ ਕਾਰਜਾਂ ਦੀ ਖੁਦ ਵੀ ਨਿਗਰਾਨੀ ਕਰਨ ਅਤੇ ਜੇਕਰ ਕਿਸੇ ਕੰਮ ਵਿੱਚ ਕੋਈ ਊਣਤਾਈ ਨਜ਼ਰ ਆਉਂਦੀ ਹੈ ਤਾਂ ਫੌਰਨ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਕੁਆਲਟੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

Related posts

Leave a Comment